ਬਾਰਹ ਮਾਹਾ Barah Maha
ੴ ਸਤਿਗੁਰ ਪ੍ਰਸਾਦਿ ॥
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨμਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥
ਚੇਤ Chet
ਚੇਤ ਮਹੀਨੇ ਦੀ ਆਰੰਭਤਾ - ੧੪ ਮਾਰਚ
Start of month Chet - 14 March
ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥
ਵੈਸਾਖ Vaisakh
ਵੈਸਾਖ ਮਹੀਨੇ ਦੀ ਆਰੰਭਤਾ - ੧੪ ਅਪ੍ਰੈਲ
Start of month Vaisakh - 14 April
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥
ਜੇਠ Jeth
ਜੇਠ ਮਹੀਨੇ ਦੀ ਆਰੰਭਤਾ - ੧੫ ਮਈ
Start of month Jeth - 15 May
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ॥੪॥
ਹਾੜ Harh
ਹਾੜ ਮਹੀਨੇ ਦੀ ਆਰੰਭਤਾ - ੧੫ ਜੂਨ
Start of month Harh - 15 June
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ॥੫॥
ਸਾਵਣ Sawan
ਸਾਵਣ ਮਹੀਨੇ ਦੀ ਆਰੰਭਤਾ - ੧੬ ਜੁਲਾਈ
Start of month Sawan - 16 July
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ॥੬॥
ਭਾਦੋਂ Bhadon
ਭਾਦੋਂ ਮਹੀਨੇ ਦੀ ਆਰੰਭਤਾ - ੧੬ ਅਗਸਤ
Start of month Bhadon - 16 August
ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ॥੭॥
ਅੱਸੂ Assu
ਅੱਸੂ ਮਹੀਨੇ ਦੀ ਆਰੰਭਤਾ - ੧੫ ਸਤੰਬਰ
Start of month Assu - 15 September
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ॥ ਜਿੰਨ੍ੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
ਕੱਤਕ Katik
ਕੱਤਕ ਮਹੀਨੇ ਦੀ ਆਰੰਭਤਾ - ੧੫ ਅਕਤੂਬਰ
Start of month Katik - 15 October
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੁੂ ਜੋਗੁ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥
ਮੱਘਰ Maghar
ਮੱਘਰ ਮਹੀਨੇ ਦੀ ਆਰੰਭਤਾ - ੧੪ ਨਵੰਬਰ
Start of month Maghar - 14 November
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥
ਪੋਹ Poh
ਪੋਹ ਮਹੀਨੇ ਦੀ ਆਰੰਭਤਾ - ੧੪ ਦਸੰਬਰ
Start of month Poh - 14 December
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ॥ ਪੋਖੁ ਸੁੋਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥
ਮਾਘ Magh
ਮਾਘ ਮਹੀਨੇ ਦੀ ਆਰੰਭਤਾ - ੧੩ ਜਨਵਰੀ
Start of month Magh - 13 January
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥
ਫੱਗਣ Phagun
ਫੱਗਣ ਮਹੀਨੇ ਦੀ ਆਰੰਭਤਾ - ੧੨ ਫਰਵਰੀ
Start of month Phagun - 12 February
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥
ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥